ਕਿਸਾਨਾਂ ਦੀ ਮੁੱਕੀ ਚਿੰਤਾ, ਪੰਜਾਬ ਵਿੱਚ ਝੋਨੇ ਦੀ ਖਰੀਦ ਨੂੰ ਲੈਕੇ ਵੱਡੀ ਖੁਸ਼ਖਬਰੀ!

ਕਿਸਾਨਾਂ ਲਈ ਇੱਕ ਵੱਡੀ ਖ਼ਬਰ ਆ ਰਹੀ ਹੈ ਜਿਸ ਨਾਲ ਕਿਸਾਨਾਂ ਦੀ ਚਿੰਤਾ ਮੁੱਕ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ RBI ਨੇ ਬੁੱਧਵਾਰ ਨੂੰ ਸਾਉਣੀ ਖਰੀਦ ਸੀਜ਼ਨ 2020-21 ਦੇ ਅਕਤੂਬਰ ਮਹੀਨੇ ਲਈ ਝੋਨੇ ਦੀ ਖਰੀਦ ਵਾਸਤੇ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਦੇ 30220 ਕਰੋੜ ਰੁਪਏ ਮਨਜ਼ੂਰ ਕਰ ਦਿੱਤੇ ਹਨ।

ਇਸਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੀਆਂ ਖਰੀਦ ਏਜੰਸੀਆਂ ਨੂੰ ਆਦੇਸ਼ ਜਾਰੀ ਕਰਦਿਆਂ ਹੁਣ ਤੱਕ ਖਰੀਦੀ ਜਾ ਚੁੱਕੀ ਫਸਲ ਲਈ ਕਿਸਾਨਾਂ ਨੂੰ 24 ਘੰਟੇ ਦੇ ਅੰਦਰ ਅਦਾਇਗੀ ਕਰਨ ਲਈ ਕਿਹਾ ਹੈ। ਇੱਕ ਸਰਕਾਰੀ ਬੁਲਾਰੇ ਦੇ ਦੱਸਣ ਦੇ ਅਨੁਸਾਰ ਝੋਨੇ ਦੀ ਖਰੀਦ ਲਈ ਪੂਰੇ ਸੀਜ਼ਨ ਦੌਰਾਨ ਸੀ.ਸੀ.ਐਲ. ਦੇ ਕੁੱਲ ਅਨੁਮਾਨਤ 35552 ਕਰੋੜ ਰੁਪਏ ਦੀ ਲੋੜ ਹੈ।

ਇਸ ਵਿਚੋਂ 30220.82 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ ਅਤੇ ਬਾਕੀ ਬਚਦੀ ਰਾਸ਼ੀ ਨਵੰਬਰ ਮਹੀਨੇ ਲਈ ਪ੍ਰਵਾਨ ਕੀਤੀ ਜਾਣ ਵਾਲੀ ਸੀ.ਸੀ.ਐਲ. ਮੌਕੇ ਇਸ ਮਹੀਨੇ ਦੇ ਅੰਤ ਜਾਰੀ ਕਰ ਦਿੱਤੀ ਜਾਵੇਗੀ।ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਖਰੀਦ ਦੀ ਪ੍ਰਗਤੀ ‘ਤੇ ਤਸੱਲੀ ਜ਼ਾਹਰ ਕੀਤੀ ਗਈ ਹੈ ਅਤੇ ਉਨ੍ਹਾਂ ਨੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੂੰ ਫਸਲ ਛੇਤੀ ਚੁੱਕਣ ਅਤੇ ਖਰੀਦ ਦੇ 72 ਘੰਟਿਆਂ ਦੇ ਸਮੇਂ ਅੰਦਰ ਅਦਾਇਗੀ ਕਰਨ ਲਈ ਕਿਹਾ ਹੈ।

ਤੁਹਾਨੂੰ ਦੱਸ ਦੇਈਏ ਕਿ ਹੁਣ ਤੱਕ ਵੱਖ-ਵੱਖ ਏਜੰਸੀਆਂ ਵੱਲੋਂ 15.6 ਲੱਖ ਮੀਟਰਿਕ ਟਨ ਝੋਨਾ ਖਰੀਦਿਆ ਗਿਆ ਹੈ। ਸਰਕਾਰ ਬੁਲਾਰੇ ਦੇ ਅਨੁਸਾਰ ਪੰਜਾਬ ਵਿੱਚ 27.36 ਲੱਖ ਹੈਕਟੇਅਰ ਰਕਬਾ ਝੋਨੇ ਹੇਠ ਹੈ ਅਤੇ ਝੋਨੇ ਦੀ ਖਰੀਦ 27 ਸਤੰਬਰ ਤੋਂ ਸ਼ੁਰੂ ਚੁੱਕੀ ਹੈ। ਇਸ ਸੀਜ਼ਨ ਵਿਚ 171 ਲੱਖ ਮੀਟਰਿਕ ਟਨ ਝੋਨਾ ਖਰੀਦਣ ਦਾ ਟੀਚਾ ਹੈ।

ਮਹਾਮਾਰੀ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਨਿਰਵਿਘਨ ਤੇ ਸੁਰੱਖਿਅਤ ਖਰੀਦ ਕਰਨ ਲਈ ਢੁੱਕਵੇਂ ਪ੍ਰਬੰਧ ਵੀ ਕੀਤੇ ਗਏ ਹਨ। ਮੰਡੀ ਬੋਰਡ ਵੱਲੋਂ ਪਹਿਲਾ ਹੀ ਝੋਨੇ ਦੀ ਖਰੀਦ ਸੁਚਾਰੂ ਢੰਗ ਨਾਲ ਕਰਨ ਲਈ 4000 ਖਰੀਦ ਕੇਂਦਰ ਨੋਟੀਫਾਈ ਕੀਤੇ ਹੋਏ ਹਨ ਤਾਂ ਕਿ ਕੋਵਿਦ ਦੇ ਸੁਰੱਖਿਆ ਉਪਾਵਾਂ ਦੀ ਪਾਲਣਾ ਨੂੰ ਸਖਤੀ ਨਾਲ ਯਕੀਨੀ ਬਣਾਇਆ ਜਾ ਸਕੇ।