ਸਰਕਾਰ ਨੇ ਕਰਜ਼ਾ ਮੋੜਨ ਨੂੰ ਲੈਕੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ, ਇਨ੍ਹਾਂ ਕਿਸਾਨਾਂ ਨੂੰ ਮਿਲੇਗਾ ਫਾਇਦਾ

ਪੰਜਾਬ ਦੇ ਖੇਤੀਬਾੜੀ ਸਹਿਕਾਰੀ ਬੈਂਕਾਂ (ਪੀ.ਏ.ਬੀ.ਡੀ.) ਵਲੋਂ ਕਰਜ਼ਾ ਨਾ ਮੋੜਨ ਵਾਲੇ ਡਿਫਾਲਟਰ ਕਰਜ਼ਦਾਰਾਂ ਲਈ ਨਵੀਂ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਕਰਜ਼ਦਾਰਾਂ ਲਈ ਮੁੜ ਤੈਅ ਕੀਤੀ ਬਕਾਇਆ ਰਕਮ ਦਾ 20 ਫ਼ੀਸਦੀ ਭੁਗਤਾਨ ਕਰਨ ‘ਤੇ ਪੂਰਾ ਵਿਆਜ ਮੁਆਫ਼ ਕੀਤਾ ਜਾਵੇਗਾ |

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (ਪੀ.ਏ.ਡੀ.ਬੀਜ਼) ਵਲੋਂ ਲਿਮਟਾਂ ਦੀ ਵਸੂਲੀ ਮੁਹਿੰਮ ਦੌਰਾਨ ਕਿਸਾਨਾਂ ਨੂੰ ਰਾਹਤ ਦਿੰਦਿਆਂ ਦੰਡਿਤ ਵਿਆਜ ਮੁਆਫ਼ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਇਸ ਸਕੀਮ ਤਹਿਤ ਇਹ ਵਿਵਸਥਾ ਕੀਤੀ ਗਈ ਹੈ ਕਿ ਜੇਕਰ ਕਰਜ਼ਾ ਲੈਣ ਵਾਲਾ ਆਪਣੀ ਬਕਾਇਆ ਰਕਮ ਦਾ 20 ਫ਼ੀਸਦੀ ਅਦਾ ਕਰਦਾ ਹੈ ਤਾਂ ਉਸ ਦੇ ਖਾਤੇ ਵਿੱਚ ਬਕਾਇਆ ਸਾਰਾ ਦੰਡਿਤ ਵਿਆਜ ਮਾਫ਼ ਕਰ ਦਿੱਤਾ ਜਾਵੇਗਾ |

ਇਹ ਜਾਣਕਾਰੀ ਦਿੰਦਿਆਂ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਬੈਂਕ ਨੇ ਡਿਫਾਲਟਰ ਕਰਜ਼ਦਾਰਾਂ ਲਈ ਕਰਜ਼ਾ ਪੁਨਰਗਠਨ ਸਕੀਮ ਸ਼ੁਰੂ ਕੀਤੀ ਹੈ ਜੋ ਪਿਛਲੇ ਕੁਝ ਸਾਲਾਂ ਤੋਂ ਆਪਣੀ ਮਾੜੀ ਵਿੱਤੀ ਸਥਿਤੀ ਕਾਰਨ ਆਪਣੀਆਂ ਕਿਸ਼ਤਾਂ ਦਾ ਭੁਗਤਾਨ ਨਹੀਂ ਕਰ ਸਕੇ |

ਸਹਿਕਾਰਤਾ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਕਰਜ਼ਾ ਲੈਣ ਵਾਲੇ ਡਿਫਾਲਟਰਾਂ ਦੇ ਲੋਨ ਖਾਤਿਆਂ ਨੂੰ ਮੁੜ ਸੂਚੀਬੱਧ ਕੀਤਾ ਜਾਵੇਗਾ ਜਿਸ ਨਾਲ ਉਹ ਆਪਣਾ ਕਰਜ਼ਾ ਆਸਾਨ ਕਿਸ਼ਤਾਂ ‘ਚ ਵਾਪਸ ਕਰ ਸਕਣਗੇ ਅਤੇ ਉਨ੍ਹਾਂ ਨੂੰ ਕਰਜ਼ੇ ਦੀ ਵਸੂਲੀ ਲਈ ਬੈਂਕ ਵਲੋਂ ਆਰੰਭੀ ਕਾਨੂੰਨੀ ਕਾਰਵਾਈ ਤੋਂ ਰਾਹਤ ਮਿਲੇਗੀ |

ਸਰਕਾਰ ਦੇ ਇਸ ਫੈਸਲੇ ਨਾਲ ਕਿਸਾਨਾਂ ਨੂੰ ਕਾਫੀ ਹੱਦ ਤੱਕ ਰਾਹਤ ਮਿਲੇਗੀ। ਸ. ਰੰਧਾਵਾ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਸਰਕਾਰ ਨੇ ਹੁਣ ਤੱਕ ਕਰਜ਼ਾ ਮੁਆਫੀ ਸਕੀਮ ਦੇ ਤਹਿਤ ਸਾਢੇ ਪੰਜ ਲੱਖ ਤੋਂ ਵੱਧ ਕਿਸਾਨਾਂ ਦਾ 4500 ਕਰੋੜ ਰੁਪਏ ਦੇ ਕਰੀਬ ਕਰਜ਼ਾ ਮੁਆਫ ਕੀਤਾ ਹੈ।