ਕੰਬਾਈਨ ਮਾਲਕਾਂ ਨੂੰ ਸਖ਼ਤ ਚੇਤਾਵਨੀ, ਜੇ ਇਸ ਵਾਰ ਨਾ ਕੀਤਾ ਇਹ ਕੰਮ ਤਾਂ ਹੋਵੇਗੀ 6 ਸਾਲ ਦੀ ਜੇਲ੍ਹ

ਇਸ ਵਾਰ ਸਰਕਾਰ ਝੋਨੇ ਦੀ ਵਾਢੀ ਸਮੇਂ ਹੋਣ ਵਾਲੇ ਪ੍ਰਦੂਸ਼ਣ ਨੂੰ ਲੈ ਕੇ ਬਹੁਤ ਸਖਤ ਨਜ਼ਰ ਆ ਰਹੀ ਹੈ ਅਤੇ ਖੇਤੀ ਅਫਸਰਾਂ ਵੱਲੋਂ ਨਿੱਤ ਨਵੇਂ ਐਲਾਨ ਕੀਤੇ ਜਾ ਰਹੇ ਹਨ। ਤਾਜ਼ਾ ਜਾਣਕਾਰੀ ਦੇ ਅਨੁਸਾਰ ਹੁਣ ਸਰਕਾਰ ਵੱਲੋਂ ਕੰਬਾਈਨ ਮਾਲਕਾਂ ਨੂੰ ਸਖ਼ਤ ਚੇਤਾਵਨੀ ਜਾਰੀ ਕੀਤੀ ਗਈ ਹੈ। ਦਰਅਸਲ ਸੂਬੇ ‘ਚ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਈ ਰੱਖਣ ਤੇ ਪਰਾਲੀ ਨੂੰ ਸਾੜਨ ਕਾਰਨ ਪੈਦਾ ਹੋਣ ਵਾਲੇ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਪੰਜਾਬ ਸਰਕਾਰ ਨੇ ਹਵਾ ਪ੍ਰਦੂਸ਼ਣ ਰੋਕਥਾਮ ਤੇ ਨਿਯੰਤਰਣ ਐਕਟ, 1981 ਤਹਿਤ ਕੰਬਾਈਨ ਹਾਰਵੈਸਟਰ ‘ਤੇ ਸੁਪਰ ਸਟਰਾਅ ਮੈਨੇਜਮੈਂਟ (ਐਸ.ਐਮ.ਐਸ) ਲਗਾਉਣਾ ਲਾਜ਼ਮੀ ਕਰ ਦਿੱਤਾ ਹੈ।

ਇਸ ਮਾਮਲੇ ਬਾਰੇ ਖੇਤੀਬਾੜੀ ਵਿਭਾਗ ਦੇ ਸਕੱਤਰ ਤੇ ਖੇਤੀਬਾੜੀ ਰਹਿੰਦ-ਖੂੰਹਦ ਸਾੜਨ ਖ਼ਿਲਾਫ਼ ਮੁਹਿੰਮ ਦੇ ਨੋਡਲ ਅਧਿਕਾਰੀ ਕਾਹਨ ਸਿੰਘ ਪੰਨੂ ਨੇ ਦੱਸਿਆ ਕਿ ਪੰਜਾਬ ਵਿਚ ਕੁੱਲ 13 ਹਜ਼ਾਰ ਵਿਚੋਂ ਬਹੁਤੇ ਕੰਬਾਈਨ ਮਾਲਕ ਅਜਿਹੇ ਹਨ ਜੋ ਆਪਣਾ ਪੈਸਾ ਤੇ ਸਮਾਂ ਬਚਾਉਣ ਲਈ ਐਸ.ਐਮ.ਐਸ. ਸਿਸਟਮ ਨੂੰ ਕੰਬਾਈਨ ਤੇ ਫਿੱਟ ਨਹੀਂ ਕਰਦੇ।

ਉਨ੍ਹਾਂ ਕਿਹਾ ਕਿ ਪੰਜਾਬ ‘ਚ 67 ਲੱਖ ਏਕੜ ਰਕਬੇ ਵਿਚ ਝੋਨੇ ਦੀ ਖੇਤੀ ਹੋ ਰਹੀ ਹੈ ਅਤੇ ਇੱਕ ਮਹੀਨੇ ਤੱਕ ਝੋਨੇ ਦੀ ਕਟਾਈ ਸ਼ੁਰੂ ਹੋ ਜਾਵੇਗੀ। ਪੰਨੂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਐਸ.ਐਮ.ਐਸ. ਸਿਸਟਮ ਤੋਂ ਬਗੈਰ ਕਿਸੇ ਨੂੰ ਵੀ ਕੰਬਾਈਨ ਨਾਲ ਫ਼ਸਲ ਦੀ ਕਟਾਈ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

ਅਤੇ ਜੋ ਕੰਬਾਈਨ ਮਲਿਕ ਅਜਿਹਾ ਕਰਨਗੇ ਉਨ੍ਹਾਂ ਦੀਆਂ ਕੰਬਾਈਨਾਂ ਜ਼ਬਤ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਭਾਰੀ ਜੁਰਮਾਨਾ ਵੀ ਭਰਨਾ ਪਵੇਗਾ। ਉਨ੍ਹਾਂ ਦੱਸਿਆ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਕੰਬਾਈਨ ਮਾਲਕਾਂ ਖ਼ਿਲਾਫ਼ ਅਦਾਲਤ ਵਿੱਚ ਕੇਸ ਦਰਜ ਕਰਾਏ ਜਾਣਗੇ, ਜਿਸ ਤਹਿਤ 6 ਸਾਲ ਤੱਕ ਦੀ ਕੈਦ ਹੋ ਸਕਦੀ ਹੈ।